Loading Raja Warring website...

Punjab Congress President Raja Warring Questions AAP Government Over Recurring Paper Leaks in Punjab, Seeks Accountability

Press ReleaseChandigarh, July 23

ਪੰਜਾਬ ਵਿੱਚ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਲੈ ਕੇ ਵੜਿੰਗ ਨੇ ਆਪ ਸਰਕਾਰ ਨੂੰ ਘੇਰਿਆ

ਪੀਐਸਈਬੀ ਪੇਪਰ ਲੀਕ ਅਤੇ ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਘੁਟਾਲੇ ਦਾ ਕੀਤਾ ਜ਼ਿਕਰ

ਸਵਾਲ: ਕੀ ਇਨ੍ਹਾਂ ਪੇਪਰ ਲੀਕਾਂ ਲਈ ਕਦੇ ਕਿਸੇ ਨੂੰ ਸਜ਼ਾ ਮਿਲੀ ਹੈ?

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੂਬੇ ਵਿੱਚ ਵਾਰ-ਵਾਰ ਹੋ ਰਹੇ ਪੇਪਰ ਲੀਕ ਦੀਆਂ ਘਟਨਾਵਾਂ ਅਤੇ ਉਨ੍ਹਾਂ ਨੂੰ ਰੋਕਣ ਵਿੱਚ ਨਾਕਾਮ ਰਹੀ ਆਮ ਆਦਮੀ ਪਾਰਟੀ ਸਰਕਾਰ ਨੂੰ ਸਖ਼ਤ ਸਵਾਲ ਕੀਤੇ ਹਨ।

ਇੱਥੇ ਜਾਰੀ ਇੱਕ ਬਿਆਨ ਵਿੱਚ, ਵੜਿੰਗ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ (ਬੀਐਫਯੂਐਚਐਸ) ਵੱਲੋਂ ਕਰਵਾਈ ਗਈ ਫਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ਦਾ ਹਵਾਲਾ ਦਿੱਤਾ, ਜਿੱਥੇ ਤਕਨਾਲੋਜੀ ਦੀ ਵਰਤੋਂ ਕਰਕੇ ਨਕਲ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਸਨ।

ਇਸ ਦੌਰਾਨ, ਉਨ੍ਹਾਂ ਨੇ ਇਸ ਤੋਂ ਪਹਿਲਾਂ ਹੋਏ ਹੋਰ ਪੇਪਰ ਲੀਕ ਮਾਮਲਿਆਂ ਦਾ ਵੀ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਦਾ ਲੀਕ ਹੋਣਾ, ਪੰਜਾਬ ਸਟੇਟ ਟੀਚਰ ਐਲੀਜਿਬਿਲਿਟੀ ਟੈਸਟ (ਪੀਐਸਟੀਈਟੀ) ਵਿੱਚ ਹੋਈਆਂ ਬੇਨਿਯਮੀਆਂ ਅਤੇ ਪੰਜਾਬ ਗਰੁੱਪ-ਬੀ ਭਰਤੀ ਪ੍ਰੀਖਿਆ ਨਾਲ ਜੁੜੇ ਵਿਵਾਦ ਸ਼ਾਮਲ ਸਨ।

ਸੂਬਾ ਕਾਂਗਰਸ ਪ੍ਰਧਾਨ ਨੇ ਜ਼ੋਰ ਦਿੰਦਿਆਂ, ਕਿਹਾ ਕਿ ਪੰਜਾਬ ਸਰਕਾਰ ਨੂੰ ਪੇਪਰ ਲੀਕਾਂ ਦੀ ਜ਼ਿੰਮੇਵਾਰੀ ਲੈਂਦਿਆਂ ਦੋਸ਼ੀਆਂ ਨੂੰ ਸਜ਼ਾ ਦੇਣੀ ਚਾਹੀਦੀ ਹੈ। ਉਨ੍ਹਾਂ ਨੇ ਸਵਾਲ ਕੀਤਾ ਕਿ ਜਦੋਂ ਆਪ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕਰ ਸਕਦੀ ਹੈ, ਜੋ ਕਿ ਬੇਸ਼ੱਕ ਅਸਤੀਫ਼ਾ ਦੇਣ, ਤਾਂ ਪੰਜਾਬ ਵਿੱਚ ਇਹੋ ਜਿਹਾ ਮਾਪਦੰਡ ਕਿਉਂ ਨਹੀਂ ਅਪਣਾਇਆ ਜਾ ਰਿਹਾ? ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਦੋਸ਼ੀਆਂ ਨੂੰ ਬਚਾਉਣ ਨਾਲ ਆਪ ਦੇ ਦੋਹਰੇ ਮਾਪਦੰਡ ਬੇਨਕਾਬ ਹੋ ਗਏ ਹਨ।

ਵੜਿੰਗ ਨੇ ਫ਼ਰਵਰੀ 2023 ਵਿੱਚ ਹੋਏ ਪੀਐਸਈਬੀ ਦੀ 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਦਾ ਹਵਾਲਾ ਦਿੰਦਿਆਂ, ਕਿਹਾ ਕਿ ਪ੍ਰਸ਼ਨ ਪੱਤਰ ਲੀਕ ਹੋਣ ਦੀਆਂ ਰਿਪੋਰਟਾਂ ਸਾਹਮਣੇ ਆਉਣ ਤੋਂ ਬਾਅਦ ਬੋਰਡ ਨੂੰ ਪ੍ਰੀਖਿਆ ਵਾਲੇ ਦਿਨ ਹੀ ਇਸਨੂੰ ਰੱਦ ਕਰਨਾ ਪਿਆ ਸੀ।

ਇਸੇ ਤਰ੍ਹਾਂ, ਮਾਰਚ 2023 ਵਿੱਚ ਪੰਜਾਬ ਸਟੇਟ ਟੀਚਰ ਐਲੀਜਿਬਿਲਿਟੀ ਟੈਸਟ (ਪੀਐਸਟੀਈਟੀ) ਦੇ ਉਮੀਦਵਾਰਾਂ ਨੂੰ ਕੁਝ ਪ੍ਰਸ਼ਨ ਪੱਤਰ ਪੁਸਤਿਕਾਵਾਂ ਵਿੱਚ ਹੀ ਉੱਤਰ-ਕੁੰਜੀਆਂ ਛਪੀਆਂ ਹੋਈਆਂ ਮਿਲੀਆਂ ਸਨ।

ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਦੋਵੇਂ ਮਾਮਲਿਆਂ ਵਿੱਚ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ।

ਸੂਬਾ ਕਾਂਗਰਸ ਪ੍ਰਧਾਨ ਨੇ ਪਿਛਲੇ ਸਾਲ ਦਸੰਬਰ ਵਿੱਚ ਹੋਏ, ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ (ਪੀਐਸਐਸਐਸਬੀ) ਦੀ ਗਰੁੱਪ-ਬੀ ਭਰਤੀ ਪ੍ਰੀਖਿਆ ਦੇ ਵਿਵਾਦ ਦਾ ਵੀ ਜ਼ਿਕਰ ਕੀਤਾ, ਜਿਸ ਵਿੱਚ ਪ੍ਰਸ਼ਨ ਪੱਤਰ ਨਾਲ ਛੇੜਛਾੜ ਅਤੇ ਹੋਰ ਬੇਨਿਯਮੀਆਂ ਦੇ ਦੋਸ਼ ਸਾਹਮਣੇ ਆਏ ਸਨ।

ਵੜਿੰਗ ਨੇ ਸਰਕਾਰ ਤੋਂ ਪੁੱਛਿਆ ਹੈ ਕਿ ਇਨ੍ਹਾਂ ਮਾਮਲਿਆਂ ਦੇ ਦੋਸ਼ੀਆਂ ਖ਼ਿਲਾਫ਼ ਕੀ ਕਾਰਵਾਈ ਕੀਤੀ ਗਈ ਹੈ ਅਤੇ ਕੀ ਉੱਚ ਪੱਧਰ 'ਤੇ ਕਿਸੇ ਦੀ ਜ਼ਿੰਮੇਵਾਰੀ ਤੈਅ ਕੀਤੀ ਗਈ ਹੈ? ਉਨ੍ਹਾਂ ਨੇ ਆਪ ਨੂੰ ਕਿਹਾ ਕਿ ਜੋ ਉਪਦੇਸ਼ ਦਿੰਦੇ ਹੋ, ਉਹ ਖੁਦ ਵੀ ਅਮਲ ਵਿੱਚ ਲਿਆਓ। ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਦਾ ਹਵਾਲਾ ਦਿੰਦਿਆਂ, ਉਨ੍ਹਾਂ ਨੇ ਕਿਹਾ ਕਿ ਧਰਮਿੰਦਰ ਪ੍ਰਧਾਨ ਨੂੰ ਅਸਤੀਫ਼ਾ ਦੇਣਾ ਚਾਹੀਦਾ ਹੈ, ਪਰ ਇਸਦੇ ਨਾਲ ਹੀ ਆਪ ਨੂੰ ਵੀ ਪੰਜਾਬ ਵਿੱਚ ਜ਼ਿੰਮੇਵਾਰੀ ਤੈਅ ਕਰਨੀ ਚਾਹੀਦੀ ਹੈ।